ਸੀ.ਐੱਚ.ਸੀ ਖੂਈਖੇੜਾ ਵਿਖੇ 100 ਦਿਨਾਂ ਟੀਬੀ ਮੁਕਤ ਭਾਰਤ ਮੁਹਿੰਮ ਦਾ ਮੈਡੀਕਲ ਕੈਂਪ ਲਗਾਇਆ ਗਿਆ
ਅਬੋਹਰ: ਸਿਵਲ ਸਰਜਨ ਫਾਜ਼ਿਲਕਾ ਡਾ. ਲਹਿੰਬਰ ਰਾਮ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਬੀਤੇ ਦਿਨ 100 ਦਿਨਾਂ ਟੀਬੀ ਮੁਕਤ ਭਾਰਤ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਤਹਿਤ ਸੀ.ਐੱਚ.ਸੀ ਖੂਈਖੇੜਾ ਮੈਡੀਕਲ ਕੈਂਪ ਸੀਨੀਅਰ ਮੈਡੀਕਲ ਅਫ਼ਸਰ ਡਾ. ਵਿਕਾਸ ਗਾਂਧੀ ਦੀ ਦੇਖ-ਰੇਖ ਹੇਠ ਲਗਾਇਆ ਗਿਆ। ਜਿਸ ਵਿੱਚ ਆਏ ਮਰੀਜਾਂ ਦਾ ਟੀ.ਬੀ ਦੀ ਜਾਂਚ ਕੀਤੀ ਗਈ। ਇਸ ਦੌਰਾਨ ਜਾਣਕਾਰੀ ਦਿੰਦਿਆਂ ਐੱਸ.ਐੱਮ.ਓ ਡਾ. ਵਿਕਾਸ ਗਾਂਧੀ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ 100 ਰੋਜ਼ਾ ਟੀ.ਬੀ ਮੁਕਤ ਭਾਰਤ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੁਹਿੰਮ ਦੌਰਾਨ ਟੀ.ਬੀ ਦੀ ਜਾਂਚ ਅਤੇ ਇਲਾਜ ਮੁਫ਼ਤ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਘਰ-ਘਰ ਜਾਣ ਲਈ ਵਿਸ਼ੇਸ਼ ਟੀਮਾਂ ਵੀ ਬਣਾਈਆਂ ਜਾ ਰਹੀਆਂ ਹਨ ਜੋ ਕਿ ਘਰ-ਘਰ ਜਾ ਕੇ ਟੀ.ਬੀ ਦੇ ਲੱਛਣਾਂ ਦੀ ਜਾਂਚ ਕਰਨਗੀਆਂ ਅਤੇ ਜੇਕਰ ਕੋਈ ਮਰੀਜ਼ ਟੈਸਟ ਰਿਪੋਰਟ ਵਿੱਚ ਟੀ.ਬੀ ਪਾਜ਼ੀਟਿਵ ਪਾਇਆ ਜਾਂਦਾ ਹੈ ਤਾਂ ਉਸ ਨੂੰ ਮੁਫ਼ਤ ਜਾਂਚ ਦੀ ਸਹੂਲਤ ਦਿੱਤੀ ਜਾਵੇਗੀ, ਮੁਫਤ ਇਲਾਜ ਕੀਤਾ ਜਾਵੇਗਾ। ਇਸ ਸֱਬੰਧੀ ਐੱਸ.ਟੀ.ਐੱਸ ਜੋਤੀ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਸਕੂਲਾਂ ਅਤੇ ਕਾਲਜਾਂ ਵਿੱਚ ਵਿਦਿਆਰਥੀਆਂ ਨੂੰ ਟੀ.ਬੀ ਦੀ ਬਿਮਾਰੀ ਬਾਰੇ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜੇਕਰ 2 ਹਫ਼ਤਿਆਂ ਤੋਂ ਵੱਧ ਸਮੇਂ ਤੱਕ ਖੰਘ, ਭੁੱਖ ਨਾ ਲੱਗਣਾ, ਭਾਰ ਘਟਣਾ, ਥੁੱਕ ਵਿੱਚ ਖ਼ੂਨ ਆਉਣਾ ਵਰਗੇ ਲੱਛਣ ਦਿਖਾਈ ਦੇਣ ਤਾਂ ਤੁਰੰਤ ਡਾਕਟਰ ਕੋਲ ਜਾਓ। ਇਸ ਸੰਬੰਧੀ ਸਰਕਾਰੀ ਹਸਪਤਾਲ ਵਿੱਚ ਮੁਫ਼ਤ ਜਾਂਚ ਕੀਤੀ ਜਾਂਦੀ ਹੈ। ਇਸ ਦੌਰਾਨ ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਨੇ ਬਲਾਕ ਖੂਈਖੇੜਾ ਦੇ ਸਮੂਹ ਨਿਵਾਸੀਆਂ ਨੂੰ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਇਸ ਲਈ ਵੱਖ-ਵੱਖ ਸਮੇਂ ‘ਤੇ ਸਿਹਤ ਪ੍ਰੋਗਰਾਮ ਸ਼ੁਰੂ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵੱਧ ਤੋਂ ਵੱਧ ਸਿਹਤ ਸਹੂਲਤਾਂ ਦਾ ਲਾਭ ਉਠਾਉਣਾ ਚਾਹੀਦਾ ਹੈ। ਇਸ ਮੌਕੇ ਐੱਸ.ਐੱਮ.ਓ ਡਾ. ਵਿਕਾਸ ਗਾਂਧੀ, ਡਾ. ਆਮਨਾ ਕੰਬੋਜ, ਡਾ. ਗੋਰੀ ਸ਼ੰਕਰ, ਬੀ.ਈ.ਈ ਸੁਸ਼ੀਲ ਕੁਮਾਰ, ਐੱਸ.ਟੀ.ਐੱਸ ਜੋਤੀ, ਕੌਂਸਲਰ ਨਗਮਾ ਰਾਣੀ, ਸੀ.ਐੱਚ.ਓ ਸਤਪਾਲ ਅਤੇ ਹੋਰ ਕਰਮਚਾਰੀ ਹਾਜ਼ਿਰ ਸਨ।
Author: Abohar Live