Abohar NewsPunjab News

ਮਾਘੀ ਮੇਲੇ ਸੰਬੰਧੀ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਨਾਲ ਕੀਤੀ ਰਿਵਿਊ ਮੀਟਿੰਗ

ਚਾਲੀ ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਪਵਿੱਤਰ ਅਤੇ ਇਤਿਹਾਸਕ ਮਾਘੀ ਮੇਲੇ ਦੇ ਅਗੇਤੇ ਪ੍ਰਬੰਧਾਂ ਸੰਬੰਧੀ ਰਿਵਿਊ ਮੀਟਿੰਗ ਸ਼੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਮਾਘੀ ਦਾ ਮੇਲਾ ਇੱਕ ਪਵਿੱਤਰ ਤੇ ਇਤਿਹਾਸਕ ਮੇਲਾ ਹੈ ਅਤੇ ਇਸ ਮੇਲੇ ਨੂੰ ਸਫਲ ਬਨਾਉਣ ਲਈ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਹਰ ਸੰਭਵ ਯਤਨ ਕੀਤੇ ਜਾਣਗੇ। ਉਹਨਾਂ ਅੱਗੇ ਦੱਸਿਆ ਕਿ ਮੇਲੇ ਦੌਰਾਨ ਬਣਾਏ ਜਾਣ ਵਾਲੇ ਆਰਜੀ ਬੱਸ ਸਟੈਂਡਾਂ ਤੋਂ ਸ਼ਰਧਾਲੂਆਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਫਤ ਆਵਾਜਾਈ ਦਾ ਪ੍ਰਬੰਧ ਕੀਤਾ ਜਾਵੇਗਾ। ਮਾਘੀ ਮੇਲੇ ਦੌਰਾਨ ਜਨਤਾਂ ਦੀ ਜਾਨ ਅਤੇ ਮਾਲ ਦੀ ਹਿਫਾਜਤ ਲਈ CCTV ਕੈਮਰੇ ਲਗਾਏ ਜਾਣਗੇ ਤਾਂ ਜੋ ਅਣਸੁਖਾਵੀਂ ਘਟਨਾਵਾਂ ਨੂੰ ਵਾਪਰਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਅੱਗੇ ਦੱਸਿਆ ਕਿ ਮਾਘੀ ਦੇ ਮੇਲੇ ਦੌਰਾਨ ਸ਼ਹਿਰ ਨੂੰ ਸੱਤ ਸੈਕਟਰਾਂ ਵਿੱਚ ਵੰਡਿਆ ਜਾਵੇਗਾ ਅਤੇ ਹਰ ਸੈਕਟਰ ਵਿੱਚ ਨੋਡਲ ਅਫਸਰ ਲਗਾਇਆ ਜਾਵੇ ਅਤੇ ਇਹਨਾਂ ਸੈਕਟਰਾਂ ਵਿੱਚ JE, SDO, ਨਗਰ ਕੌਂਸਲ, ਜਨ ਸਿਹਤ ਅਤੇ ਪੁਲਿਸ ਵਿਭਾਗ ਦੀਆਂ ਟੀਮਾਂ ਸੰਗਤਾਂ ਦੀ ਸਹੂਲਤ ਲਈ ਲਗਾਈਆਂ ਜਾਣਗੀਆਂ। ਉਨ੍ਹਾਂ ਨਗਰ ਕੌਸਲ ਨੂੰ ਹਦਾਇਤ ਕੀਤੀ ਕਿ ਮਾਘੀ ਮੇਲੇ ਦੌਰਾਨ ਸ਼੍ਰੀ ਦਰਬਾਰ ਸਾਹਿਬ ਨੂੰ ਲੱਗਦੇ ਸਾਰੇ ਗੇਟਾਂ ਦੀ ਅਤੇ ਸ਼ਹਿਰ ਦੀ ਸਮੁੱਚੀ ਸਫਾਈ ਤੇ ਨਜਾਇਜ਼ ਕਬਜ਼ੇ ਹਟਵਾਏ ਜਾਣ ਅਤੇ ਜਿਨ੍ਹਾਂ ਥਾਵਾਂ ’ਤੇ ਲੰਗਰ ਲਗਾਏ ਜਾਣੇ ਹਨ, ਉਨ੍ਹਾਂ ਥਾਵੇ ’ਤੇ ਵਰਤੋਂ ਵਿੱਚ ਆਉਣ ਵਾਲੇ ਬਰਤਨ ਪਲਾਸਟਿਕ ਮੁਕਤ ਹੋਣ ਸੰਬੰਧੀ ਢੁੱਕਵੇਂ ਪ੍ਰਬੰਧ ਕੀਤੇ ਜਾਣ। ਉਹਨਾਂ ਲੰਗਰ ਲਗਾਉਣ ਵਾਲੇ ਸਰਧਾਲੂਆਂ ਨੂੰ ਵੀ ਅਪੀਲ ਕੀਤੀ ਕਿ ਮੇਲੇ ਦੌਰਾਨ ਪਲਾਸਟਿਕ ਰਹਿਤ ਲੰਗਰ ਵਰਤਾਇਆ ਜਾਵੇ ਅਤੇ ਸਾਫ-ਸਫਾਈ ਦਾ ਉਚੇਚਾ ਧਿਆਨ ਰੱਖਿਆ ਜਾਵੇ। ਉਨ੍ਹਾਂ ਜਨ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਮੇਲੇ ਦੌਰਾਨ ਸੀਵਰੇਜ ਦੀ ਸਮੱਸਿਆ ਅਤੇ ਆਰਜੀ ਪਖਾਨਿਆਂ ਦੇ ਪ੍ਰਬੰਧ ਨੂੰ ਯਕੀਨੀ ਬਣਾਇਆ ਜਾਵੇ ਅਤੇ ਮੇਲੇ ਦੌਰਾਨ RO ਸਿਸਟਮ ਵਾਲੇ ਪੀਣ ਵਾਲੇ ਪਾਣੀ ਦਾ ਉਚੇਚਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਮੇਲੇ ਦੌਰਾਨ ਸ਼ਰਧਾਲੂਆਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਤਕਲੀਫ ਪੇਸ਼ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਮਾਰਕਫੈਡ ਵਿਭਾਗ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੇ ਸਵਾਗਤੀ ਗੇਟਾਂ ਦੀ ਮੁਰੰਮਤ ਕਰਵਾਕੇ ਸਫਾਈ ਕਰਵਾਈ ਜਾਵੇ ਅਤੇ ਉਨ੍ਹਾਂ ਨੂੰ ਫੁੱਲਾਂ ਅਤੇ ਲੜੀਆਂ ਆਦਿ ਨਾਲ ਸਜਾਇਆ ਜਾਵੇ। ਉਹਨਾਂ ਪਾਵਰਕਾਮ ਵਿਭਾਗ ਨੂੰ ਹਦਾਇਤ ਕੀਤੀ ਕਿ ਮੇਲੇ ਦੌਰਾਨ ਨਿਰਵਿਘਣ ਬਿਜਲੀ ਸਪਲਾਈ ਜਾਰੀ ਰੱਖੀ ਜਾਵੇ ਅਤੇ ਬਿਜਲੀ ਦੀਆਂ ਨੀਵੀਆਂ ਤਾਰਾਂ ਨੂੰ ਉਚੀਆਂ ਚੁੱਕੀਆਂ ਜਾਣ। ਉਹਨਾਂ B&R (ਸੜਕਾਂ), ਮੰਡੀ ਬੋਰਡ ਅਤੇ ਨਗਰ ਕੌਸਲ ਨੂੰ ਹਦਾਇਤਾਂ ਕੀਤੀ ਕਿ ਸ਼੍ਰੀ ਮੁਕਤਸਰ ਸਾਹਿਬ ਨੂੰ ਆਉਣ ਵਾਲੀਆਂ ਸਾਰੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਜਲਦੀ ਮੁਕੰਮਲ ਕਰਨ ਉਪਰੰਤ ਰਿਪੋਰਟ ਜ਼ਿਲ੍ਹਾ ਪ੍ਰਸ਼ਾਸਨ ਨੂੰ ਭੇਜਣੀ ਯਕੀਨੀ ਬਣਾਈ ਜਾਵੇ। ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਮੇਲਾ ਮਾਘੀ ਦੌਰਾਨ ਸ਼ਹਿਰ ਵਿੱਚ ਪਾਰਕਿੰਗ ਲਈ ਢੁੱਕਵੀਆਂ ਥਾਵਾਂ ਦੀ ਚੋਣ ਕੀਤੀ ਜਾਵੇ ਅਤੇ ਇਸ ਦੀ ਸੂਚਨਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੀ ਜਾਵੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੇਲੇ ਦੌਰਾਨ ਸੰਗਤਾਂ ਦੀ ਸਹੂਲਤ ਲਈ ਸਿਵਿਲ ਕੰਟਰੋਲ ਰੂਮ ਡਿਪਟੀ ਕਮਿਸ਼ਨਰ ਦਫਤਰ ਵਿਖੇ, ਜਦਕਿ ਪੁਲਿਸ ਕੰਟਰੋਲ ਰੂਮ ਸਰਕਾਰੀ ਗਰਲਜ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਰੋਡ ਸ਼੍ਰੀ ਮੁਕਤਸਰ ਸਾਹਿਬ ਵਿਖੇ ਬਣਾਇਆ ਜਾਵੇਗਾ। ਇਸ ਮੌਕੇ ਸ਼੍ਰੀ ਗੁਰਪ੍ਰੀਤ ਸਿੰਘ ਥਿੰਦ ਵਧੀਕ ਡਿਪਟੀ ਕਮਿਸ਼ਨਰ(ਜਨਰਲ), ਸ਼੍ਰੀ ਗੁਰਦਰਸ਼ਨ ਲਾਲ ਕੁੰਡਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ਼੍ਰੀਮਤੀ ਬਲਜੀਤ ਕੌਰ ਐੱਸ.ਡੀ.ਐੱਮ ਸ਼੍ਰੀ ਮੁਕਤਸਰ ਸਾਹਿਬ, ਡਾ. ਸੰਜੀਵ ਕੁਮਾਰ ਐੱਸ.ਡੀ.ਐੱਮ ਮਲੋਟ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button