ਸਮਾਰੋਹ ਦੌਰਾਨ ਦਿਵਿਯਾਂਗ ਬੱਚਿਆਂ ਵੱਲੋਂ ਮੁੱਖ ਮਹਿਮਾਨ ਦੇ ਸਾਹਮਣੇ ਆਪਣੇ ਹੁਨਰ ਦੀ ਕੀਤੀਆਂ ਗਈਆਂ ਪੇਸ਼ਕਾਰੀਆਂ
ਅਬੋਹਰ: ਵਿਸ਼ਵ ਦਿਵਿਯਾਂਗ ਦਿਵਸ ਅਤੇ ਵਿਸ਼ਵ ਸੰਕੇਤਕ ਭਾਸ਼ਾ ਦਿਵਸ ਨੂੰ ਸਮਰਪਿਤ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨਾਲ ਜਿਲਾ ਪੱਧਰੀ ਸਮਾਗਮ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਫਾਜਿਲਕਾ ਦੇ ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਦਿਵਿਯਾਂਗ ਬੱਚੇ ਕਿਸੇ ਤਰ੍ਹਾਂ ਵੀ ਆਮ ਬੱਚਿਆਂ ਨਾਲੋਂ ਘੱਟ ਨਹੀਂ ਹਨ। ਜੇਕਰ ਇਨ੍ਹਾਂ ਬੱਚਿਆਂ ਨੂੰ ਪੂਰਾ ਸਹਿਯੋਗ ਤੇ ਹੌਂਸਲਾ ਅਫਜ਼ਾਈ ਕੀਤੀ ਜਾਵੇ ਤਾਂ ਇਹ ਕਿਸੇ ਵੀ ਮੁਕਾਮ ਨੂੰ ਹਾਸਿਲ ਕਰਨ ਦੀ ਤਾਕਤ ਰੱਖਦੇ ਹਨ। ਉਨ੍ਹਾਂ ਅਧਿਆਪਕਾਂ ਨੂੰ ਵੀ ਜ਼ੋਰ ਦੇ ਕੇ ਕਿਹਾ ਕਿ ਅਜਿਹੇ ਸਪੈਸ਼ਲ ਬੱਚਿਆਂ ਵੱਲ ਜ਼ਿਆਦਾ ਤੋਂ ਜ਼ਿਆਦਾ ਧਿਆਨ ਦਿੱਤਾ ਜਾਵੇ। ਵਿਧਾਇਕ ਸ਼੍ਰੀ ਸਵਨਾ ਨੇ ਕਿਹਾ ਕਿ ਸਰਕਾਰ ਵੱਲੋਂ ਅਜਿਹੇ ਬੱਚਿਆਂ ਨੂੰ ਵੱਖ-ਵੱਖ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਅਜਿਹੇ ਬੱਚੇ ਕਿਸੇ ਵੀ ਪੱਖੋਂ ਘੱਟ ਨਹੀਂ ਹਨ ਇਹਨਾਂ ਅੰਦਰ ਵੀ ਵੱਖ-ਵੱਖ ਹੁਨਰ ਭਰੇ ਹੋਏ ਹਨ, ਸਗੋਂ ਇਹ ਤਾਂ ਸਪੈਸ਼ਲ ਬੱਚੇ ਹੁੰਦੇ ਹਨ। ਇਨ੍ਹਾਂ ਬੱਚਿਆਂ ਦੇ ਆਤਮ-ਵਿਸ਼ਵਾਸ਼ ਨੂੰ ਮਜ਼ਬੂਤੀ ਪ੍ਰਦਾਨ ਕੀਤੀ ਜਾਵੇ ਤਾਂ ਕਿਸੇ ਵੀ ਚੁਣੌਤੀ ਨੂੰ ਹਰਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਇਨ੍ਹਾਂ ਸਪੈਸ਼ਲ ਬੱਚਿਆਂ ਲਈ ਵੱਖਰੇ ਸਕੂਲ ਚਲਾਏ ਜਾ ਰਹੇ ਹਨ। ਇਸ ਦੌਰਾਨ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨਵੀਨ ਗੜਵਾਲ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਅਜਿਹੇ ਸਪੈਸ਼ਲ ਬੱਚਿਆਂ ਦੀ ਭਲਾਈ ਲਈ ਵਿਭਾਗ ਸਰਗਰਮ ਹੈ ਤੇ ਸਮੇਂ-ਸਮੇਂ ਤੇ ਉਪਰਾਲੇ ਵੀ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਵਿਭਾਗ ਵੱਲੋਂ ਦਿਵਿਆਂਗ ਬੱਚਿਆਂ ਦੀ ਸੁਰੱਖਿਆ ਲਈ ਸਕੀਮਾਂ ਵੀਂ ਚਲਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਦਿਵਸ ਨੂੰ ਸਮਰਪਿਤ ਅਤੇ ਸਰਦੀ ਦੇ ਮੌਸਮ ਨੂੰ ਮੁੱਖ ਰੱਖਦਿਆਂ ਹੋਇਆ ਵਿਸ਼ੇਸ਼ ਲੋੜਾਂ ਵਾਲੇ 60 ਵੱਖ-ਵੱਖ ਤਰ੍ਹਾਂ ਦੀਆਂ ਕੈਟਾਗਰੀਆਂ ਦੇ ਦਿਵਿਆਂਗ ਬੱਚਿਆਂ ਨੂੰ ਸਵੈਟਸ਼ਰਟ ਅਤੇ ਬੂਟ ਭੇਂਟ ਕੀਤੇ ਗਏ ਹਨ। ਇਸ ਮੌਕੇ ਗੁਰਮੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿਵਿਆਂਗ ਬੱਚਿਆਂ ਦੀ ਪੜ੍ਹਾਈ ਲਈ ਫਾਜ਼ਿਲਕਾ ਵਿਖੇ ਸਕੂਲ ਪ੍ਰਿੰਸੀਪਲ ਸੁਤੰਤਰ ਪਾਠਕ ਦੀ ਅਗਵਾਈ ਹੇਠ ਜਿਲਾ ਸਪੈਸ਼ਲ ਰਿਸੋਰਸ ਸੈਂਟਰ ਚਲਾਇਆ ਜਾ ਰਿਹਾ ਹੈ। ਇਸ ਸੈਂਟਰ ਨੂੰ ਚਲਾਉਣ ਵਿੱਚ ਨਿਸ਼ਾ ਬਜਾਜ, ਰਾਜਕੁਮਾਰ, ਮੀਨਾਕਸ਼ੀ, ਸ਼ਵੇਤਾ, ਮੀਨੂ, ਰਜਨੀ ਵੱਲੋਂ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਇਸ ਮੌਕੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵੱਲੋਂ ਆਪਣੇ ਹੁਨਰ ਦੀ ਪੇਸ਼ਕਾਰੀਆਂ ਕੀਤੀਆਂ ਗਈਆਂ। ਇਸ ਮੌਕੇ ਖੁਸ਼ਬੂ ਸਾਵਣ ਸੁੱਖਾ, ਬਲਾਕ ਪ੍ਰਧਾਨ ਅਲਕਾ ਜੁਨੇਜਾ, ਸਮਾਜਿਕ ਸੁਰੱਖਿਆ ਵਿਭਾਗ ਤੋਂ ਮੈਡਮ ਨੇਹਾ, ਮਨਦੀਪ, ਕਾਲੂ ਵਿਸ਼ੇਸ਼ ਤੌਰ ਤੇ ਹਾਜ਼ਿਰ ਸਨ।
Author: Abohar Live