ਮਾਘੀ ਮੇਲੇ ਸੰਬੰਧੀ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਨਾਲ ਕੀਤੀ ਰੀਵਿਊ ਮੀਟਿੰਗ, ਡੀ.ਸੀ ਮੁਕਤਸਰ ਨੇ ਮੇਲੇ ਸੰਬੰਧੀ ਕੀਤੇ ਪ੍ਰਬੰਧਾਂ ਦਾ ਲਿਆ ਜਾਇਜਾ

ਸ਼੍ਰੀ ਮੁਕਤਸਰ ਸਾਹਿਬ: ਚਾਲੀ ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਪਵਿੱਤਰ ਅਤੇ ਇਤਿਹਾਸਕ ਮਾਘੀ ਮੇਲੇ ਦੇ ਅਗੇਤੇ ਪ੍ਰਬੰਧਾਂ ਸੰਬੰਧੀ ਰੀਵਿਊ ਮੀਟਿੰਗ ਸ਼੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਮਾਘੀ ਦਾ ਮੇਲਾ ਇੱਕ ਪਵਿੱਤਰ ਤੇ ਇਤਿਹਾਸਕ ਮੇਲਾ ਹੈ ਅਤੇ ਇਸ ਮੇਲੇ ਨੂੰ ਸਫਲ ਬਨਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਹਰ ਸੰਭਵ ਯਤਨ ਕੀਤੇ ਜਾਣਗੇ। ਮੀਟਿੰਗ ਉਪਰੰਤ ਡਿਪਟੀ ਕਮਿਸ਼ਨਰ ਨੇ ਸ਼ਹਿਰ ਵਿੱਚ ਬਣਾਏ ਗਏ ਆਰਜੀ ਬੱਸ ਸਟੈਂਡਾਂ ਅਤੇ ਮੇਲੇ ਲਈ ਬਣਾਈਆਂ ਗਈਆਂ ਵੱਖ-ਵੱਖ ਪਾਰਕਿੰਗਾਂ ਦਾ ਜਾਇਜਾ ਲਿਆ। ਇਸ ਤੋਂ ਇਲਾਵਾ ਮਲੋਟ ਰੋਡ, ਬਠਿੰਡਾ ਰੋਡ, ਕੋਟਕਪੂਰਾ ਰੋਡ ਅਤੇ ਮੇਲੇ ਵਾਲੀ ਥਾਂ ਦਾ ਜਾਇਜਾ ਲੈਂਦਿਆਂ ਉਨ੍ਹਾਂ ਮੇਲਾ ਪ੍ਰਬੰਧਕ ਨੂੰ ਹਦਾਇਤ ਕੀਤੀ ਕਿ ਮੇਲੇ ਵਿੱਚ ਪੀਣ ਵਾਲਾ ਪਾਣੀ, ਅੱਗ ਬੁਝਾਉ ਯੰਤਰ ਆਦਿ ਦਾ ਇੰਤਜਾਮ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਇਲਾਵਾ ਉਨ੍ਹਾਂ ਹਦਾਇਤ ਕੀਤੀ ਕਿ ਮੇਲਾ ਗਰਾਊਂਡ ਵਿੱਚ ਆਰਜੀ ਰਸਤੇ ਬਣਾਏ ਜਾਣ ਤਾਂ ਜੋ ਮੇਲਾ ਦੇਖਣ ਆਏ ਲੋਕਾਂ ਨੂੰ ਅਣਸੁਖਾਵੀਂ ਘਟਨਾਵਾਂ ਤੋਂ ਬਚਾਉਣ ਲਈ ਉਨਾਂ ਰਸਤਿਆਂ ਰਾਹੀਂ ਬਾਹਰ ਕੱਢਿਆ ਜਾ ਸਕੇ। ਉਨ੍ਹਾਂ ਨਗਰ ਕੌਂਸਲ ਨੂੰ ਹਦਾਇਤ ਕੀਤੀ ਕਿ ਮਾਘੀ ਮੇਲੇ ਦੌਰਾਨ ਸ਼੍ਰੀ ਦਰਬਾਰ ਸਾਹਿਬ ਨੂੰ ਲੱਗਦੇ ਸਾਰੇ ਗੇਟਾਂ ਦੀ ਅਤੇ ਸ਼ਹਿਰ ਦੀ ਸਮੁੱਚੀ ਸਫਾਈ ਤੋਂ ਇਲਾਵਾ ਸ਼ਹਿਰ ਵਿੱਚ ਨੀਵੀਂ ਥਾਵਾਂ ਤੇ ਖੜੇ ਸੀਵਰੇਜ ਦੇ ਪਾਣੀ ਨੂੰ ਜਲਦ ਤੋਂ ਜਲਦ ਕਢਵਾਇਆ ਜਾਵੇ ਤਾਂ ਜੋ ਕਿਸੇ ਵੀ ਸ਼ਰਧਾਲੂ ਨੂੰ ਸ਼ਹਿਰ ਅੰਦਰ ਆਉਣ ਸਮੇਂ ਕਿਸੇ ਵੀ ਤਰਾਂ ਦੀ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਐੱਸ.ਡੀ.ਐੱਮ ਸ਼੍ਰੀ ਮੁਕਤਸਰ ਸਾਹਿਬ, ਸ਼੍ਰੀਮਤੀ ਬਲਜੀਤ ਕੌਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
Author: Abohar Live